ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ : ਬੀਤੇ ਕਰੀਬ ਪੰਜ ਮਹੀਨੇ ਤੋਂ ਵਿਵਾਦਾਂ ‘ਚ ਚੱਲ ਰਹੀ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਪੰਜਾਬ ਸਰਕਾਰ ਨੇ ਬੰਦ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਦੇ ਐਲਾਨ ਵਿੱਚ ਹੈਰਾਨੀ ਭਰਿਆ ਪਹਿਲੂ ਇਹ ਰਿਹਾ ਕਿ ਜਿਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ, ਉਸ ਤੋਂ ਕੁਝ ਸਮਾਂ ਪਹਿਲਾਂ ਹੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਗਠਿਤ ਜਸਟਿਸ ਆਰ.ਕੇ.ਨਹਿਰੂ ਅਧਾਰਤ ਕਮੇਟੀ ਵਲੋਂ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ ਮਨਸੂਰਵਾਲ ਕਲਾਂ ਦਾ ਦੌਰਾ ਕਰਦਿਆਂ ਇਲਾਕੇ ਦੇ ਲੋਕਾਂ, ਕਿਸਾਨ, ਜਥੇਬੰਦੀਆਂ, ਕਿਸਾਨਾਂ ਦੇ ਵਕੀਲਾਂ ਅਤੇ ਫੈਕਟਰੀ ਦੇ ਅਧਿਕਾਰੀਆ ਆਦਿ ਤੋਂ ਜਾਣਕਾਰੀ ਲਈ ਅਤੇ ਉਪਰੋਕਤ ਧਿਰਾਂ ਦੇ ਬਿਆਨ ਕਲਮਬੱਧ ਕੀਤੇ ਸਨ। ਕਮੇਟੀ ਵੱਲੋਂ ਇਸ ਸਬੰਧੀ ਮੁਕੰਮਲ ਰਿਪੋਰਟ ਛੇਤੀ ਹੀ ਹਾਈਕੋਰਟ ਵਿਖੇ ਦਾਖਲ ਕਰਨ ਦੀ ਗੱਲ ਕੀਤੀ ਗਈ ਸੀ। ਭਾਵੇਂ ਕਿ ਇਕ ਪਾਸੇ ਕਿਸਾਨ ਜਥੇਬੰਦੀਆਂ, ਵਾਤਾਵਰਣ ਪ੍ਰੇਮੀਆਂ ਅਤੇ ਸਥਾਨਕ ਲੋਕਾਂ ਦੇ ਲਗਾਤਾਰ ਵਧ ਰਿਹਾ ਵਿਰੋਧ ਕਾਰਨ ਸਰਕਾਰ ਕੋਲ ਹੋਰ ਕੋਈ ਬਦਲ ਨਜ਼ਰ ਨਹੀਂ ਆ ਰਿਹਾ ਸੀ, ਪਰ ਮਾਮਲਾ ਹਾਈਕੋਰਟ ਵਿਚ ਹੋਣ ਕਾਰਨ ਸਰਕਾਰ ਦੇ ਇਸ ਫੈਸਲੇ ਨੂੰ ਬੜੀ ਹੈਰਾਨੀ ਨਾਲ ਵੇਖਿਆ ਜਾ ਰਿਹਾ ਹੈ। ਓਧਰ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨ ਜਥੇਬੰਦੀਆਂ ,ਵਾਤਾਵਰਣ ਪ੍ਰੇਮੀਆਂ ਤੇ ਸਥਾਨਕ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ ਕਿਸੇ ਨੂੰ ਵੀ ਵਾਤਾਵਰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਭਵਿੱਖ ਵਿੱਚ ਜੋ ਵੀ ਕਾਨੂੰਨ ਆਪਣੇ ਹੱਥ ਵਿੱਚ ਲਵੇਗਾ, ਭਾਵੇਂ ਉਹ ਕਿੰਨਾ ਵੀ ਵੱਡਾ ਵਿਅਕਤੀ ਕਿਉਂ ਨਾ ਹੋਵੇ। ਜੋ ਵੀ ਅਜਿਹਾ ਕਰਦਾ ਹੈ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ।