Government

PUNJAB ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਤਿਆਰ ਕਰਨ ਲਈ 11 ਮੈਂਬਰੀ ਕਮੇਟੀ ਗਠਿਤ, ਨੋਟੀਫਿਕੇਸ਼ਨ ਜਾਰੀ

Share

ਚੰਡੀਗੜ੍ਹ : ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਨਵੀਂ ਖੇਤੀ ਨੀਤੀ ਤਿਆਰ ਕਰਨ ਇੱਕ ਹੋਰ ਕਦਮ ਚੁੱਕਦਿਆਂ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਤਿਆਰ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਪੰਜਾਬ ਦੀ ਆਪਣੀ ਕਿਸਾਨ ਅਤੇ ਵਾਤਾਵਰਨ ਪੱਖੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ 11 ਮੈਂਬਰੀ ਕਮੇਟੀ ਵਿੱਚ ਸਕੱਤਰ ਖੇਤੀਬਾੜੀ ਸ੍ਰੀ ਰਾਹੁਲ ਤਿਵਾੜੀ ਨੂੰ ਮੈਂਬਰ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਕਾਮੇ ਕਮਿਸ਼ਨ ਡਾ. ਸੁਖਪਾਲ ਸਿੰਘ ਨੂੰ ਕਨਵੀਨਰ, ਵਾਈਸ ਚਾਂਸਲਰ ਪੀ.ਏ.ਯੂ. ਲੁਧਿਆਣਾ ਡਾ. ਐਸ.ਐਸ. ਗੋਸਲ, ਵਾਈਸ ਚਾਂਸਲਰ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਡਾ. ਇੰਦਰਜੀਤ ਸਿੰਘ, ਅਰਥਸਾਸ਼ਤਰੀ ਡਾ. ਸੁੱਚਾ ਸਿੰਘ ਗਿੱਲ, ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬੀ.ਐਸ.ਘੁੰਮਣ, ਸਾਬਕਾ ਡਾਇਰੈਕਟਰ ਬਾਗਬਾਨੀ ਪੰਜਾਬ ਡਾ. ਗੁਰਕੰਵਲ ਸਿੰਘ, ਸਲਾਹਕਾਰ ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਟੀ ਸ੍ਰੀ ਰਾਜੇਸ਼ ਵਸ਼ਿਸ਼ਟ, ਸਾਬਕਾ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਬਲਵਿੰਦਰ ਸਿੰਘ ਸਿੱਧੂ, ਪ੍ਰਧਾਨ ਪੀ.ਏ.ਯੂ. ਕਿਸਾਨ ਕਲੱਬ ਸ੍ਰੀ ਅਮਰਿੰਦਰ ਸਿੰਘ ਅਤੇ ਚੇਅਰਮੈਨ ਪਨਸੀਡ ਸ੍ਰੀ ਮਹਿੰਦਰ ਸਿੰਘ ਸਿੱਧੂ ਆਦਿ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 12 ਫ਼ਰਵਰੀ, 2023 ਨੂੰ ਪਹਿਲੀ ਸਰਕਾਰ-ਕਿਸਾਨ ਮਿਲਣੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮਿਲਣੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੀਤੀ ਜਾਵੇਗੀ, ਜਿਸ ਦੇ ਮੁੱਖ ਮਹਿਮਾਨ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿੱਚ ਪੰਜਾਬ ਦੇ ਹਰ ਕੋਨੇ ਤੋਂ 2500 ਤੋਂ ਵੱਧ ਅਗਾਂਹਵਧੂ ਕਿਸਾਨ (ਵੱਖ-ਵੱਖ ਕਿੱਤਿਆਂ ਨਾਲ ਸਬੰਧਤ) ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨਾਲ ਖੇਤੀ ਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਕੀਮਤੀ ਸੁਝਾਅ ਲਏ ਜਾਣਗੇ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨਵੀਂ ਖੇਤੀਬਾੜੀ ਨੀਤੀ, ਪੰਜਾਬ ਦੇ ਕੁਦਰਤੀ ਸਰੋਤਾਂ ਜਿਵੇਂ ਕਿ ਜ਼ਮੀਨੀ ਪਾਣੀ, ਮਿੱਟੀ ਦੀ ਸਿਹਤ ਅਤੇ ਭੂਗੋਲਿਕ ਸਥਿਤੀਆਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਵੀਂ ਖੇਤੀ ਨੀਤੀ ਵਿੱਚ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਖੇਤੀ ਪੈਦਾਵਾਰ ਦੀ ਵੈਲਿਊਐਡੀਸ਼ਨ, ਐਕਸਪੋਰਟ ਅਤੇ ਖੇਤੀ ਵਿਭਿੰਨਤਾ ਆਦਿ ਪਹਿਲੂਆਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਉਦਾਹਰਨ ਦਿੰਦਿਆਂ ਦੱਸਿਆ ਕਿ ਪੰਜਾਬ ਦਾ ਪਾਕਿਸਤਾਨ ਬਾਡਰ ਨਾਲ ਲੱਗਦਾ ਖੇਤਰ ਪੂਰੇ ਵਿਸ਼ਵ ਵਿੱਚ ਉੱਚ ਦਰਜੇ ਦੀ ਬਾਸਮਤੀ ਪੈਦਾ ਕਰਨ ਲਈ ਜਾਣਿਆ ਜਾਂਦਾ ਹੈ। ਇਸ ਨਵੀਂ ਖੇਤੀ ਨੀਤੀ ਵਿੱਚ ਬਾਸਮਤੀ ਨੂੰ ਪਰਮਲ ਝੋਨੇ ਦੇ ਬਦਲ ਵਜੋਂ ਅਪਨਾਉਣ ਅਤੇ ਬਾਸਮਤੀ ਐਕਸਪੋਰਟ ਨੂੰ ਉਤਸ਼ਾਹਿਤ ਕਰਨ ਦੀ ਤਜਵੀਜ਼ ਵੀ ਸ਼ਾਮਲ ਕੀਤੀ ਜਾਵੇਗੀ।

ਸ. ਧਾਲੀਵਾਲ ਨੇ ਜ਼ੋਰ ਦਿੰਦਿਆਂ ਆਖਿਆ ਕਿ ਪੰਜਾਬ ਅੱਜ ਵਾਤਾਵਰਨ ਅਤੇ ਸਿਹਤ ਸੰਕਟ ਨਾਲ ਜੂਝ ਰਿਹਾ ਹੈ, ਜਿਸ ਵਿੱਚ ਉਪਜਾਊ ਭੂਮੀ ਹੁਣ ਗੈਰ-ਉਪਜਾਊ ਭੂਮੀ ਵਿੱਚ ਬਦਲ ਰਹੀ ਹੈ ਅਤੇ ਜ਼ਮੀਨੀ ਪਾਣੀ ਵਿੱਚ ਜ਼ਹਿਰਾਂ ਦੀ ਮਾਤਰਾ ਦਿਨੋਂ-ਦਿਨ ਵੱਧ ਰਹੀ ਹੈ। ਇਸ ਵਰਤਾਰੇ ਵਿੱਚੋਂ ਬਾਹਰ ਨਿਕਲਣ ਅਤੇ ਕੁਦਰਤੀ ਖੇਤੀ ਲਈ ਨਵੀਂ ਨੀਤੀ ਬਣਾਉਣ ਦਾ ਵਾਅਦਾ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਛੇਤੀ ਹੀ ਪੰਜਾਬ ਦੇ ਕਿਸਾਨਾਂ ਨੂੰ ਜ਼ਹਿਰ ਮੁਕਤ ਖੇਤੀ ਮਾਡਲ ਦਿੱਤਾ ਜਾਵੇਗਾ।

ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਦਰਿਆਵਾਂ ਦੇ ਵਾਧੂ ਪਾਣੀਆਂ ਨੂੰ ਪੰਜਾਬ ਦੇ ਹਰ ਖੇਤ ਤੱਕ ਪਹੁੰਚਾਉਣ ਲਈ ਨਵੀਂ ਖੇਤੀ ਨੀਤੀ ਅਧੀਨ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਖੇਤੀ ਸੈਕਟਰ ਵਿੱਚ ਆਈ ਖੜੋਤ ਨੂੰ ਦੂਰ ਕਰਨ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਸਭ ਦੇ ਸਹਿਯੋਗ ਨਾਲ ਅੱਗੇ ਵਧੇਗੀ। ਉਨ੍ਹਾਂ ਦੱਸਿਆ ਕਿ ਨਵੀਂ ਨੀਤੀ ਖੇਤੀਬਾੜੀ ਵਿਗਿਆਨੀਆਂ, ਮਾਹਿਰਾਂ ਅਤੇ ਖੇਤੀਬਾੜੀ ਜਥੇਬੰਦੀਆਂ ਨਾਲ ਸਲਾਹ-ਮਸ਼ਵਰੇ ਉਪਰੰਤ ਮੁਕੰਮਲ ਕਰਕੇ 31 ਮਾਰਚ ਤੱਕ ਪੰਜਾਬ ਦੀ ਕਿਸਾਨੀ ਨੂੰ ਸਮਰਪਿਤ ਕੀਤੀ ਜਾਵੇਗੀ।

ਸ. ਧਾਲੀਵਾਲ ਨੇ ਇਸ ਮੌਕੇ ਕਿਸਾਨਾਂ ਨੂੰ ਆਨਲਾਈਨ ਸਹੂਲਤ ਦਿੰਦਿਆਂ ਬੀਜ ਉਤਪਾਦਨ ਪੋਰਟਲ ਅਤੇ ਐਪ` ਵੀ ਜਾਰੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਐਪ ਦੇਸ਼ ਦੀ ਪਹਿਲੀ ਐਪ ਹੈ ਅਤੇ ਇਸ ਜ਼ਰੀਏ ਸੂਬੇ ਦੇ ਕਿਸਾਨ ਬੀਜਾਂ ਦੀ ਉਪਲੱਬਧਤਾ ਅਤੇ ਕਿਸਮਾਂ ਸਬੰਧੀ ਆਨਲਾਈਨ ਜਾਣਕਾਰੀ ਹਾਸਲ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਇਸ ਐਪ ਦਾ ਉਦੇਸ਼ ਪੰਜਾਬ ਰਾਜ ਬੀਜ ਪ੍ਰਮਾਣਿਕ ਸੰਸਥਾ ਨੂੰ ਆਨਲਾਈ ਅਤੇ ਪੇਪਰ ਰਹਿਤ ਬਣਾਉਣਾ ਅਤੇ ਬੀਜਾਂ ਦੀ ਸਰਟੀਫਿਕੇਸ਼ਨ ਸਬੰਧੀ ਸਲਾਨਾ ਕੈਲੰਡਰ ਨੂੰ ਲਾਗੂ ਕਰਨਾ ਹੈ।ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਕਿਊ ਆਰ ਕੋਡ ਦੀ ਮਦਦ ਨਾਲ ਬੀਜ ਟਰੈਕਿੰਗ, ਗੁਣਵੱਤਾ ਦੀ ਪ੍ਰਮਾਣਿਕਤਾ, ਬੀਜਾਂ ਦੀ ਪੈਦਾਵਾਰ, ਪ੍ਰਮਾਣੀਕਰਨ ਅਤੇ ਸੈਪਲਿੰਗ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਹੋ ਸਕੇਗੀ।

ਇਸ ਮੌਕੇ ਸਕੱਤਰ ਖੇਤੀਬਾੜੀ ਸ.ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਖੇਤੀਬਾੜੀ ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਪੰਜਾਬ ਰਾਜ ਬੀਜ ਪ੍ਰਮਾਣਿਕ ਸੰਸਥਾ ਡਾ. ਜੇ.ਪੀ.ਐਸ. ਗਰੇਵਾਲ, ਡਾ. ਜੇ.ਡੀ.ਐਸ. ਗਿੱਲ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *